
ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰ ਰਿਹਾ ਹੈ। ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤੇ ’ਤੇ ਰੁਕੇ ਹੋਏ ਹਨ। ਹਾਲਾਂਕਿ ਹਾਲੇ ਇਹ ਤੈਅ ਨਹੀਂ ਹੈ ਕਿ ਉਹ ਚੰਡੀਗੜ੍ਹ ਕਿਹੜੇ ਰਸਤੇ ਤੋਂ ਅੱਗੇ ਜਾਣਗੇ। ਇਹ ਪਤਾ ਲੱਗਿਆ ਹੈ ਕਿ ਇਸ ਦੌਰਾਨ ਕਈ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਰਾਜਪਾਲ ਹਾਊਸ ਦੇ ਨੇੜੇ ਪਹੁੰਚ ਗਏ ਸਨ।
ਇਸ ਮੋਰਚੇ ਵਿਚ ਹੁਣ ਗਿਆਨੀ ਹਰਪ੍ਰੀਤ ਸਿੰਘ ਤੇ ਪਰਮਿੰਦਰ ਢੀਂਡਸਾ ਵੀ ਪੁੱਜ ਗਏ ਹਨ। ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਨੇੜੇ ਜੁਟ ਰਹੇ ਹਨ। ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਮੁਹਾਲੀ ਵਿੱਚ ਧਾਰਾ 163 ਲਾਗੂ ਹੋਣ ਕਾਰਨ ਪੁਲੀਸ ਪ੍ਰਦਰਸ਼ਨਕਾਰੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਹੈ। ਮੁੱਖ ਮੰਗਾਂ ਨੂੰ ਦੇਖਦੇ ਹੋਏ ਵਾਧੂ ਪੁਲੀਸ ਬਲ ਵੀ ਤਾਇਨਾਤ ਕੀਤਾ ਗਿਆ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਗਵਰਨਰ ਹਾਊਸ ਦੇ ਨੇੜੇ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਦੇ ਸਿਰ ’ਤੇ ਪੱਟੀ ਬੰਨ੍ਹੀ ਹੋਈ ਦਿਖਾਈ ਦਿੱਤੀ। ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ।
ਦੱਸਣਾ ਬਣਦਾ ਹੈ ਕਿ 29 ਜੁਲਾਈ ਨੂੰ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਵਾਰਿਸ ਪੰਜਾਬ ਦੇ ਪ੍ਰਦਰਸ਼ਨ ਦੌਰਾਨ ਹੋਏ ਵਿਵਾਦ ਤੋਂ ਬਾਅਦ ਪੁਲੀਸ ਇਸ ਵਾਰ ਜ਼ਿਆਦਾ ਚੌਕਸ ਹੈ। ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਜ਼ਿਆਦਾਤਰ ਰਸਤਿਆਂ ’ਤੇ ਪੁਲੀਸ ਨੇ ਬੈਰੀਕੇਡਿੰਗ ਕਰ ਦਿੱਤੀ ਹੈ, ਜਿਸ ਕਾਰਨ ਸ਼ਹਿਰ ਦੀ ਆਵਾਜਾਈ ਵਿਵਸਥਾ ਪ੍ਰਭਾਵਿਤ ਹੋਈ ਹੈ।
ਚੰਡੀਗੜ੍ਹ-ਮੁਹਾਲੀ ਬਾਰਡਰ ਤੇ ਹਾਲਾਤ ਤਣਾਅਪੂਰਨ: ਪ੍ਰਦਰਸ਼ਨਕਾਰੀਆਂ ’ਤੇ ਦਾਗੇ ਅੱਥਰੂ ਗੈਸ ਦੇ ਗੋਲੇ ਤੇ ਮਾਰੀਆ ਪਾਣੀ ਦੀਆਂ ਬੁਛਾੜਾਂ
ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਅਤੇ ਹੋਰਨਾਂ ਪੰਥਕ ਧਿਰਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਵੱਡੀਆਂ-ਵੱਡੀਆਂ ਰੋਕਾਂ (ਬੈਰੀਕੇਡ) ਲਗਾ ਰੱਖੀਆਂ ਹਨ। ਅਜਿਹੇ ਵਿੱਚ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਦੀਆਂ ਰੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚ-ਧੂਹ ਹੋਈ।
ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਇਸ ਦੇ ਨਾਲ ਹੀ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਉੱਧਰ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਸਾਗਰ ਪ੍ਰੀਤ ਸਿੰਘ ਹੁੱਡਾ ਅਤੇ ਐੱਸਐੱਸਪੀ ਕੰਵਰਦੀਪ ਕੌਰ ਸਮੇਤ ਸਮੁੱਚੇ ਸੀਨੀਅਰ ਪੁਲੀਸ ਅਧਿਕਾਰੀ ਜ਼ਮੀਨੀ ਪੱਧਰ 'ਤੇ ਹਾਲਾਤ ਨੂੰ ਸਾਂਭਣ ਦੀ ਕੋਸ਼ਿਸ਼ ਕਰ ਰਹੇ ਹਨ।