ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ - ਪ੍ਰਿਯਾਂਕ ਕਾਨੂੰਗੋ
-ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਗੂਕਰਨ ਦੀ ਕੀਤੀ ਸਮੀਖਿਆ
ਫਾਜ਼ਿਲਕਾ 14 ਅਗਸਤ (ਸੋਨੂੰ ਵਰਮਾ):. ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ), ਨਵੀਂ ਦਿੱਲੀ ਦੇ ਮੈਂਬਰ ਪ੍ਰਿਯਾਂਕ ਕਾਨੂੰਗੋ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਅਤੇ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਤੋਂ ਪਹਿਲਾ ਉਨ੍ਹਾਂ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਪ੍ਰਿਯਾਂਕ ਕਾਨੂੰਨਗੋ ਨੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਲੋਕਾਂ ਵੱਲੋਂ ਉਠਾਏ ਗਏ ਹਰ ਮਸਲੇ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪੋਕਸੋ ਮਾਮਲਿਆਂ ਦੀ ਸਥਿਤੀ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਮਿਸ਼ਨ ਵਤਸਾਲਿਆ, ਸੇਫ਼ ਸਕੂਲ ਵਾਹਨ ਸਕੀਮ, ‘ਬੇਟੀ ਬਚਾਓ-ਬੇਟੀ ਪੜ੍ਹਾਓ’, ਦਿਵਿਆਂਗ ਕੁਸ਼ਲ ਯੋਜਨਾਵਾਂ, ਸਿੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਅਤੇ ਹੋਰ ਸਮਾਜਿਕ ਸੁਰੱਖਿਆ ਨਾਲ ਸਬੰਧਤ ਸਕੀਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਬੇਵਜ੍ਹਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਦਾ ਪ੍ਰਭਾਵੀ ਲਾਗੂਕਰਨ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾ ਸ੍ਰੀ ਕਾਨੂੰਨਗੋ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕੰਧਵਾਲਾ ਹਾਜ਼ਰ ਖਾ, ਟਾਹਲੀ ਵਾਲਾ ਜੱਟਾ ਅਤੇ ਚੱਕ ਵਜੀਦਾ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਰਪੱਖ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਰਾਹਤ ਮਿਲ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ ਸਮੇਤ ਪੁਲਿਸ, ਸਿੱਖਿਆ, ਸਿਹਤ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।